ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਦੌਰਾਨ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਮਾਮਲੇ ‘ਤੇ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਉਨ੍ਹਾਂ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਇਹ ਆਦੇਸ਼ ਜਾਰੀ ਕਰਦਿਆਂ ਸਿੱਖ ਸੰਗਤ ਨੂੰ ਗਿਆਸਪੁਰਾ ਨਾਲ ਸਾਂਝ ਨਾ ਰੱਖਣ ਲਈ ਕਿਹਾ।
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਬਿਆਨ ਅਨੁਸਾਰ, 12 ਅਕਤੂਬਰ 2026 ਨੂੰ ਆਮ ਆਦਮੀ ਪਾਰਟੀ ਦੇ ਕੁਝ ਵਿਧਾਇਕ ਅਤੇ ਸਿਆਸੀ ਆਗੂ ਸਕੱਤਰੇਤ ਵਿਖੇ ਪਹੁੰਚੇ ਸਨ। ਇਸ ਦੌਰਾਨ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਪਹਿਲਾਂ ਜਥੇਦਾਰ ਸਾਹਿਬ ਅਤੇ ਸਿੱਖ ਸੰਸਥਾਵਾਂ ਬਾਰੇ ਕਥਿਤ ਤੌਰ ‘ਤੇ ਅਪਮਾਨਜਨਕ ਸ਼ਬਦਾਵਲੀ ਵਰਤਣ ਕਾਰਨ ਸਕੱਤਰੇਤ ਵਿੱਚ ਦਾਖ਼ਲ ਹੋਣ ਤੋਂ ਰੋਕਿਆ ਗਿਆ ਸੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਨੁਸਾਰ, ਗਿਆਸਪੁਰਾ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ‘ਤੇ ਜਾਤੀ ਵਿਤਕਰੇ ਦੇ ਦੋਸ਼ ਲਗਾਉਣ ਅਤੇ ਸਿੱਖ ਧਾਰਮਿਕ ਅਸਥਾਨਾਂ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ। ਬਿਆਨ ਵਿੱਚ ਕਿਹਾ ਗਿਆ ਕਿ ‘ਆਪ’ ਦੇ ਵਫ਼ਦ ਵਜੋਂ ਪਹੁੰਚੇ ਆਗੂਆਂ ਅਤੇ ਵਿਧਾਇਕਾਂ ਨੇ ਵੀ ਮੰਨਿਆ ਕਿ ਗਿਆਸਪੁਰਾ ਨੇ ਜਾਣਬੁੱਝ ਕੇ ਜਾਤੀ ਦਾ ਮੁੱਦਾ ਬਣਾਇਆ, ਜਦਕਿ ਉਸ ਦਿਨ ਅਜਿਹੀ ਕੋਈ ਘਟਨਾ ਨਹੀਂ ਵਾਪਰੀ ਸੀ।
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਸਿੱਖ ਧਰਮ ਜਾਤ-ਪਾਤ, ਊਚ-ਨੀਚ ਅਤੇ ਹਰ ਤਰ੍ਹਾਂ ਦੇ ਭੇਦਭਾਵ ਨੂੰ ਰੱਦ ਕਰਦਾ ਹੈ। ਬਿਆਨ ਅਨੁਸਾਰ, ਗਿਆਸਪੁਰਾ ਵੱਲੋਂ ਇਨ੍ਹਾਂ ਸਿਧਾਂਤਾਂ ਦੇ ਉਲਟ ਬਿਰਤਾਂਤ ਸਿਰਜਣ ਕਾਰਨ ਸਿੱਖ ਸੰਸਥਾਵਾਂ ਬਾਰੇ ਗਲਤ ਪ੍ਰਚਾਰ ਨੂੰ ਹੱਲਾਸ਼ੇਰੀ ਮਿਲੀ। ਇਸ ਮਾਮਲੇ ਨੂੰ ਗੰਭੀਰ ਮੰਨਦਿਆਂ ਉਨ੍ਹਾਂ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ।
ਇਸ ਤੋਂ ਇਲਾਵਾ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪ੍ਰਚਾਰਕ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ ਅਤੇ ਕੀਰਤਨ ਕਰਨ ‘ਤੇ ਵੀ ਰੋਕ ਲਗਾਉਣ ਦਾ ਆਦੇਸ਼ ਦਿੱਤਾ। ਜਥੇਦਾਰ ਅਨੁਸਾਰ, ਉਨ੍ਹਾਂ ਵੱਲੋਂ ਆਪਣੀ ਮਰਜ਼ੀ ਨਾਲ ਕੀਤੀ ਜਾਂਦੀ ਵਿਆਖਿਆ ਕਾਰਨ ਸੰਗਤ ਵਿੱਚ ਭੰਬਲਭੂਸਾ ਪੈਦਾ ਹੁੰਦਾ ਹੈ ਅਤੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ।