ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਛੇਵੇਂ ਦਿਨ ਦੀ ਕਾਰਵਾਈ ਅੱਜ ਬੇਹੱਦ ਹੰਗਾਮੇ ਭਰਪੂਰ ਰਹੀ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਵਰਤੀ ਗਈ ਕਥਿਤ ਇਤਰਾਜ਼ਯੋਗ ਸ਼ਬਦਾਵਲੀ ਦਾ ਮੁੱਦਾ ਸਦਨ ਵਿੱਚ ਭਾਰੂ ਰਿਹਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖਹਿਰਾ ਵਿਰੁੱਧ ਵਿਸ਼ੇਸ਼ ਅਧਿਕਾਰ ਉਲੰਘਣਾ ਦਾ ਮਤਾ ਪੇਸ਼ ਕੀਤਾ, ਜਿਸ ਨੂੰ ਬਹੁਮਤ ਨਾਲ ਪਾਸ ਕਰਕੇ ਅਗਲੀ ਕਾਰਵਾਈ ਲਈ ‘ਵਿਸ਼ੇਸ਼ ਅਧਿਕਾਰ ਕਮੇਟੀ’ ਕੋਲ ਭੇਜ ਦਿੱਤਾ ਗਿਆ ਹੈ।
ਮਤਾ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਸੁਖਪਾਲ ਖਹਿਰਾ ਨੇ ਨਾ ਸਿਰਫ਼ ਸੋਸ਼ਲ ਮੀਡੀਆ ‘ਤੇ ਔਰਤਾਂ ਦਾ ਅਪਮਾਨ ਕੀਤਾ, ਸਗੋਂ ਚੁਣੇ ਹੋਏ ਲੋਕ ਪ੍ਰਤੀਨਿਧੀਆਂ ਵਿਰੁੱਧ ਵੀ ਭੱਦੀ ਭਾਸ਼ਾ ਵਰਤੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਵਤੀਰਾ ਲੋਕਤੰਤਰੀ ਮਰਿਆਦਾਵਾਂ ਦੇ ਖ਼ਿਲਾਫ਼ ਹੈ।