ਕਰੋੜਾਂ ਰੁਪਏ ਦੇ ਚੈੱਕ ਬਾਊਂਸ ਮਾਮਲੇ ਵਿੱਚ ਘਿਰੇ ਪੰਜਾਬ ਦੀ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕਾ ਅਨਮੋਲ ਗਗਨ ਮਾਨ ਦੇ ਪਤੀ ਸ਼ਾਹਬਾਜ਼ ਸਿੰਘ ਸੋਹੀ ਲਈ ਰਾਹਤ ਦੀ ਖ਼ਬਰ ਆਈ ਹੈ। ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਡੇਰਾਬੱਸੀ ਦੀ ਹੇਠਲੀ ਅਦਾਲਤ ਵੱਲੋਂ ਸੁਣਾਈ ਗਈ ਦੋ ਸਾਲ ਦੀ ਕੈਦ ਦੀ ਸਜ਼ਾ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਇਹ ਹੁਕਮ ਵੀਰਵਾਰ ਦੇਰ ਸ਼ਾਮ ਜਾਰੀ ਕੀਤੇ।
ਜ਼ਿਕਰਯੋਗ ਹੈ ਕਿ ਬੀਤੀ 16 ਮਾਰਚ ਨੂੰ ਡੇਰਾਬੱਸੀ ਅਦਾਲਤ ਨੇ ਸੱਤ ਸਾਲ ਪੁਰਾਣੇ ਇਸ ਮਾਮਲੇ ਵਿੱਚ ਫੈਸਲਾ ਸੁਣਾਉਂਦਿਆਂ ਸ਼ਾਹਬਾਜ਼ ਸਿੰਘ ਸੋਹੀ ਅਤੇ ਉਨ੍ਹਾਂ ਦੇ ਦੋ ਸਾਥੀਆਂ ਨੂੰ ਦੋਸ਼ੀ ਕਰਾਰ ਦਿੱਤਾ ਸੀ। ਜੂਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਪਰਨੀਤ ਕੌਰ ਦੀ ਅਦਾਲਤ ਨੇ ਤਿੰਨਾਂ ਨੂੰ 2-2 ਸਾਲ ਦੀ ਕੈਦ ਅਤੇ 10-10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ। ਇਸ ਫੈਸਲੇ ਵਿਰੁੱਧ ਸੋਹੀ ਨੇ ਸੈਸ਼ਨ ਅਦਾਲਤ ਵਿੱਚ ਅਪੀਲ ਦਾਇਰ ਕੀਤੀ ਸੀ।