ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਐਤਵਾਰ ਨੂੰ ਪੰਜਾਬ ਦੇ ਕੁਰਾਲੀ ਵਿਖੇ ਇੱਕ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ਅਤੇ ਪਿਛਲੀ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਪੰਜਾਬ ਵਿੱਚ ਡਿੱਗ ਰਹੀ ਕਾਨੂੰਨ ਵਿਵਸਥਾ ਅਤੇ ਵਿੱਤੀ ਸੰਕਟ ‘ਤੇ ਡੂੰਘੀ ਚਿੰਤਾ ਪ੍ਰਗਟਾਈ।
ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਪੰਜਾਬ ਵਿੱਚ ਅੱਜ ਅਰਾਜਕਤਾ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਬਦਲਾਅ ਦੇ ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਪੰਜਾਬ ਨਸ਼ੇ, ਅਪਰਾਧ ਅਤੇ ਆਰਥਿਕ ਕੰਗਾਲੀ ਦੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਡਿੱਗਦੀ ਸਥਿਤੀ ਕਿਸੇ ਤੋਂ ਛੁਪੀ ਨਹੀਂ ਹੈ ਅਤੇ ਲੋਕ ਹੁਣ ਝੂਠੀ ਸਿਆਸਤ ਤੋਂ ਅੱਕ ਚੁੱਕੇ ਹਨ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇੱਕ ਵਾਰ ਭਾਰਤੀ ਜਨਤਾ ਪਾਰਟੀ ਨੂੰ ਮੌਕਾ ਦੇਣ ਤਾਂ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ‘ਡਬਲ ਇੰਜਣ’ ਦੀ ਸਰਕਾਰ ਪੰਜਾਬ ਨੂੰ ਮੁੜ ਖੁਸ਼ਹਾਲ ਬਣਾ ਸਕੇ।
ਨਾਇਬ ਸਿੰਘ ਸੈਣੀ ਨੇ ਹਰਿਆਣਾ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਪੰਜਾਬ ਸਰਕਾਰ ਨਾਲ ਤੁਲਨਾ ਕੀਤੀ। ਹਰਿਆਣਾ ਵਿੱਚ ‘ਲਾਡੋ ਲਕਸ਼ਮੀ ਯੋਜਨਾ’ ਤਹਿਤ ਔਰਤਾਂ ਨੂੰ 2100 ਰੁਪਏ ਮਹੀਨਾ ਦਿੱਤੇ ਜਾ ਰਹੇ ਹਨ ਅਤੇ 500 ਰੁਪਏ ਵਿੱਚ ਗੈਸ ਸਿਲੰਡਰ ਮਿਲ ਰਿਹਾ ਹੈ, ਜਦਕਿ ਪੰਜਾਬ ਵਿੱਚ ਔਰਤਾਂ ਅਜੇ ਵੀ ਆਪਣੇ ਵਾਅਦੇ ਦੀ ਰਾਸ਼ੀ ਦੀ ਉਡੀਕ ਕਰ ਰਹੀਆਂ ਹਨ।
ਹਰਿਆਣਾ ਵਿੱਚ 24 ਫ਼ਸਲਾਂ ਐਮ ਐਸ ਪੀ ‘ਤੇ ਖਰੀਦੀਆਂ ਜਾ ਰਹੀਆਂ ਹਨ ਅਤੇ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ 1.64 ਲੱਖ ਕਰੋੜ ਰੁਪਏ ਸਿੱਧੇ ਪਾਏ ਗਏ ਹਨ। ਹਰਿਆਣਾ ਵਿੱਚ ‘ਪਰਚੀ ਅਤੇ ਖਰਚੀ’ (ਸਿਫ਼ਾਰਿਸ਼ ਅਤੇ ਰਿਸ਼ਵਤ) ਦਾ ਸਿਸਟਮ ਖ਼ਤਮ ਕਰਕੇ 2 ਲੱਖ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀ ਚੋਣ ਸਿਰਫ਼ ਵੋਟਾਂ ਦੀ ਚੋਣ ਨਹੀਂ, ਸਗੋਂ ਪੰਜਾਬ ਦੇ ਬੱਚਿਆਂ ਦੇ ਭਵਿੱਖ ਅਤੇ ਖੇਤ-ਖਲਿਆਣਾਂ ਦੀ ਖੁਸ਼ਹਾਲੀ ਦੀ ਚੋਣ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਭਾਜਪਾ ਦੀ ਸਪੱਸ਼ਟ ਨੀਤੀ ਅਤੇ ਵਿਕਾਸ ਪ੍ਰਤੀ ਸਮਰਪਣ ਪੰਜਾਬ ਨੂੰ ਨਵੀਂ ਦਿਸ਼ਾ ਦੇਵੇਗਾ।