ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਦੀ ਬੈਠਕ ਹੋਈ। ਇਸ ਬੈਠਕ ਵਿੱਚ ਕਈ ਅਹਿਮ ਫੈਸਲੇ ਗਏ ਹਨ। ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਦੇਣ ਦੀ ਯੋਜਨਾ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਸ਼੍ਰੇਣੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,500 ਰੁਪਏ ਮਿਲਣਗੇ। ਅਪ੍ਰੈਲ ਤੋਂ ਸ਼ੁਰੂ ਹੋ ਕੇ ਇਹ ਰਕਮ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾਵੇਗੀ।
ਦੱਸ ਦਈਏ ਕਿ 1 ਅਪ੍ਰੈਲ ਤੋਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਲਾਗੂ ਕਰਨ ਨੂੰ ਪ੍ਰਵਾਨਗੀ ਮਿਲ ਗਈ ਹੈ। ਇਸ ਯੋਜਨਾ ਦਾ ਲਾਭ ਪੰਜਾਬ ਦੀਆਂ ਲਗਭਗ 97 ਫੀਸਦ ਔਰਤਾਂ ਨੂੰ ਮਿਲੇਗਾ। ਜਨਰਲ ਸ਼੍ਰੇਣੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਜਦੋਂ ਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,500 ਰੁਪਏ ਮਿਲਣਗੇ।
ਇਸ ਤੋਂ ਇਲਾਵਾ ਪੰਜਾਬ ਕੈਬਨਿਟ ਨੇ ਯੋਜਨਾ ਵਿਭਾਗ ਵਿੱਚ 140 ਸਿੱਧੀਆਂ ਭਰਤੀਆਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਝਾਰਖੰਡ ਦੇ ਪਚਵਾੜਾ ਕੋਲਾ ਖਾਣਾਂ ਵਿੱਚ ਸਟਾਫ ਭਰਤੀ ਨੂੰ ਵੀ ਹਰੀ ਝੰਡੀ ਦੇ ਦਿੱਤੀ ਗਈ ਹੈ। ਉਦਯੋਗਿਕ ਪਲਾਟਾਂ ਨੂੰ ਲੀਜ਼ਹੋਲਡ ਤੋਂ ਫ੍ਰੀਹੋਲਡ ਵਿੱਚ ਬਦਲਣ ਲਈ ਨੀਤੀ ਵਿੱਚ ਸੋਧ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ। ਹੁਣ, ਬੈਂਕਾਂ ਨੂੰ ਗਿਰਵੀ ਰੱਖੇ ਪਲਾਟਾਂ ਨੂੰ ਵੀ ਐਨਓਸੀ ਨਾਲ ਬਦਲਿਆ ਜਾ ਸਕਦਾ ਹੈ। ਮੰਤਰੀ ਮੰਡਲ ਨੇ ਸਤਲੁਜ ਦਰਿਆ ਦੀ ਸਫਾਈ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
8 ਮਾਰਚ ਨੂੰ ਪੰਜਾਬ ਵਿਧਾਨ ਸਭਾ ਵਿੱਚ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿੱਤੀ ਸਾਲ 2026-27 ਲਈ ਪੰਜਾਬ ਦਾ ਸਾਲਾਨਾ ਬਜਟ ਪੇਸ਼ ਕੀਤਾ ਗਿਆ। ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪੇਸ਼ ਕੀਤੇ ਗਏ ਇਸ ਬਜਟ ਦਾ ਸਭ ਤੋਂ ਵੱਡਾ ਅਤੇ ਇਤਿਹਾਸਕ ਐਲਾਨ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਰਿਹਾ। ਇਸ ਯੋਜਨਾ ਤਹਿਤ ਪੰਜਾਬ ਦੀਆਂ ਲਗਭਗ 1.3 ਕਰੋੜ ਯੋਗ ਔਰਤਾਂ ਨੂੰ ਹਰ ਮਹੀਨੇ 1,000 ਤੋਂ 1,500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।