ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਹਰਸਿਮਰਤ ਕੌਰ ਬਾਦਲ ਅਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਕਥਿਤ ਝੂਠੇ ਅਤੇ ਅਪਮਾਨਜਨਕ ਦੋਸ਼ ਲਗਾਉਣ ਦੇ ਮਾਮਲੇ ਵਿੱਚ ਅਪਰਾਧਿਕ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਹੈ।
ਸ਼ਿਕਾਇਤ ਵਿੱਚ ਡਾ. ਗੁਰਪ੍ਰੀਤ ਕੌਰ ਨੇ ਦੋਸ਼ ਲਗਾਇਆ ਕਿ 1 ਸਤੰਬਰ 2026 ਨੂੰ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਬਿਕਰਮ ਸਿੰਘ ਮਜੀਠੀਆ ਵੱਲੋਂ ਉਨ੍ਹਾਂ ਖ਼ਿਲਾਫ਼ ਗੰਭੀਰ ਅਤੇ ਬੇਬੁਨਿਆਦ ਦੋਸ਼ ਲਗਾਏ ਗਏ। ਉਨ੍ਹਾਂ ਦੇ ਮੁਤਾਬਕ, ਉਨ੍ਹਾਂ ਨੂੰ ਇੱਕ ਅਜਿਹੇ ਵਿਅਕਤੀ ਵਜੋਂ ਪੇਸ਼ ਕੀਤਾ ਗਿਆ ਜੋ ਪੈਸਿਆਂ ਦੇ ਬਦਲੇ ਬਲਾਤਕਾਰ ਦੇ ਮਾਮਲੇ ਵਿੱਚ ਮੁਲਜ਼ਮ ਦੀ ਮਦਦ ਕਰ ਰਹੀ ਸੀ।
ਡਾ. ਗੁਰਪ੍ਰੀਤ ਕੌਰ ਨੇ ਅਦਾਲਤ ਨੂੰ ਦੱਸਿਆ ਕਿ ਇਨ੍ਹਾਂ ਦੋਸ਼ਾਂ ਕਾਰਨ ਉਨ੍ਹਾਂ ਦੇ ਨਿੱਜੀ ਸਨਮਾਨ, ਸਮਾਜਿਕ ਛਵੀ ਅਤੇ ਪੇਸ਼ੇਵਰ ਸਾਖ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੁਲਜ਼ਮਾਂ ਨੇ ਉਨ੍ਹਾਂ ਨੂੰ ਖਾਸ ਤੌਰ ’ਤੇ ਨਿਸ਼ਾਨਾ ਬਣਾਇਆ ਅਤੇ ਕਥਿਤ ਆਡੀਓ ਰਿਕਾਰਡਿੰਗਾਂ, ਤਸਵੀਰਾਂ ਤੇ ਸੀਸੀਟੀਵੀ ਫੁਟੇਜ ਰਾਹੀਂ ਉਨ੍ਹਾਂ ਦੇ ਨਜ਼ਦੀਕੀ ਲੋਕਾਂ ’ਤੇ ਵੀ ਸਵਾਲ ਚੁੱਕੇ।
ਸ਼ਿਕਾਇਤਕਰਤਾ ਅਨੁਸਾਰ, ਤਿੰਨਾਂ ਆਗੂਆਂ ਨੂੰ ਪਹਿਲਾਂ ਕਾਨੂੰਨੀ ਨੋਟਿਸ ਭੇਜ ਕੇ 24 ਘੰਟਿਆਂ ਅੰਦਰ ਮੁਆਫ਼ੀ ਮੰਗਣ ਲਈ ਕਿਹਾ ਗਿਆ ਸੀ, ਪਰ ਕੋਈ ਮੁਆਫ਼ੀ ਨਹੀਂ ਮੰਗੀ ਗਈ। ਹੁਣ ਉਨ੍ਹਾਂ ਨੇ ਅਦਾਲਤ ਤੋਂ ਮੁਲਜ਼ਮਾਂ ਨੂੰ ਤਲਬ ਕਰਕੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਸ ਤੋਂ ਇਲਾਵਾ, ਇੱਕ ਹੋਰ ਮਾਮਲੇ ਵਿੱਚ ਅਦਾਲਤ ਵੱਲੋਂ ਰਣਜੀਤ ਸਿੰਘ, ਬਿਕਰਮ ਸਿੰਘ ਮਜੀਠੀਆ ਅਤੇ ਸੁਖਪਾਲ ਸਿੰਘ ਖਹਿਰਾ ਨੂੰ ਕਥਿਤ ਰਿਸ਼ਵਤ ਮਾਮਲੇ ਨਾਲ ਸਬੰਧਤ ਗੈਰ-ਪ੍ਰਮਾਣਿਤ ਅਤੇ ਅਪਮਾਨਜਨਕ ਸੋਸ਼ਲ ਮੀਡੀਆ ਪੋਸਟਾਂ ਸਾਂਝੀਆਂ ਕਰਨ ਤੋਂ ਅਗਲੇ ਹੁਕਮਾਂ ਤੱਕ ਰੋਕਣ ਦੇ ਨਿਰਦੇਸ਼ ਦਿੱਤੇ ਜਾਣ ਦਾ ਵੀ ਜ਼ਿਕਰ ਕੀਤਾ ਗਿਆ ਹੈ।