ਚੰਡੀਗੜ੍ਹ, 10 ਅਕਤੂਬਰ 2026: ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਵਿਧਾਇਕ ਪਰਗਟ ਸਿੰਘ 11 ਅਕਤੂਬਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਣਗੇ। ਦਿੱਤੀ ਗਈ ਜਾਣਕਾਰੀ ਮੁਤਾਬਕ, ਕਾਂਗਰਸ ਹਾਈਕਮਾਂਡ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਅਗਵਾਈ ਸੌਂਪੀ ਹੈ।
ਐਤਵਾਰ ਨੂੰ ਚੰਡੀਗੜ੍ਹ ਦੇ ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਅਹੁਦਾ ਸੰਭਾਲਣ ਸਬੰਧੀ ਸਮਾਗਮ ਹੋਵੇਗਾ। ਇਸ ਮੌਕੇ 5,000 ਤੋਂ 8,000 ਸਮਰਥਕਾਂ ਦੇ ਪਹੁੰਚਣ ਦੀ ਉਮੀਦ ਜਤਾਈ ਜਾ ਰਹੀ ਹੈ। ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਅਤੇ ਏਆਈਸੀਸੀ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਸਮੇਤ ਪਾਰਟੀ ਦੇ ਸੀਨੀਅਰ ਆਗੂਆਂ ਦੇ ਵੀ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਪਰਗਟ ਸਿੰਘ ਨੇ ਵੀਰਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਨਵੀਂ ਸਿਆਸੀ ਪਾਰੀ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਦੇ ਅਹੁਦਾ ਸੰਭਾਲਣ ਤੋਂ ਬਾਅਦ ਪਾਰਟੀ ਦਾ ਧਿਆਨ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ਵੱਲ ਰਹਿਣ ਦੀ ਉਮੀਦ ਹੈ।