ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਲਿਖਤੀ ਸ਼ਿਕਾਇਤ ‘ਤੇ ਦਿੱਲੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ, ਕਈ ਵਿਧਾਇਕਾਂ ਅਤੇ ਪਾਰਟੀ ਆਗੂਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਇਹ ਸਾਰਾ ਵਿਵਾਦ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਵਿੱਚ ਹੋਏ ਹੰਗਾਮੇ ਅਤੇ ਬਾਅਦ ਵਿੱਚ ਸੋਸ਼ਲ ਮੀਡੀਆ ‘ਤੇ ਭੜਕਾਊ ਅਤੇ ਗੁੰਮਰਾਹਕੁੰਨ ਵੀਡੀਓਜ਼ ਪ੍ਰਸਾਰਿਤ ਕਰਨ ਦੇ ਦੋਸ਼ਾਂ ਤੋਂ ਬਾਅਦ ਸ਼ੁਰੂ ਹੋਇਆ ਹੈ। ਫ਼ਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ ਸੋਪੀ ਗਈ ਵੀਡੀਓ ਫੁਟੇਜ ਅਤੇ ਸੀਸੀਟੀਵੀ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਸ ਘਟਨਾ ਨੂੰ ਲੈ ਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਮ ਆਦਮੀ ਪਾਰਟੀ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੋਸ਼ ਲਗਾਇਆ ਕਿ ‘ਆਪ’ ਸੁਪਰੀਮੋ ਕੇਜਰੀਵਾਲ ਅਤੇ ਉਨ੍ਹਾਂ ਦੇ ਸਾਥੀਆਂ ਨੇ ਸਿਆਸੀ ਲਾਹਾ ਲੈਣ ਲਈ ਆਪਣੇ ਵਰਕਰਾਂ ਨੂੰ ਗੁਰਦੁਆਰਾ ਕੰਪਲੈਕਸ ਵਿੱਚ ਨਾਅਰੇਬਾਜ਼ੀ ਕਰਨ ਲਈ ਭੇਜਿਆ ਸੀ। ਉਨ੍ਹਾਂ ਨਵੀਂ ਦਿੱਲੀ ਦੇ ਡਿਪਟੀ ਕਮਿਸ਼ਨਰ ਆਫ਼ ਪੁਲਿਸ ਕੋਲ ਪਹੁੰਚ ਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ ਅਤੇ ਸਾਫ਼ ਕਿਹਾ ਹੈ ਕਿ ਗੁਰੂ ਘਰ ਦੀ ਪਵਿੱਤਰਤਾ ਅਤੇ ਮਰਿਆਦਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਕਮੇਟੀ ਅਹੁਦੇਦਾਰਾਂ ਅਨੁਸਾਰ ਕੁਝ ਪ੍ਰਦਰਸ਼ਨਕਾਰੀ ਆਪਣੇ ਬੈਗਾਂ ਵਿੱਚ ਨਾਅਰਿਆਂ ਵਾਲੀਆਂ ਤਖ਼ਤੀਆਂ ਅਤੇ ਬੈਨਰ ਲੁਕਾ ਕੇ ਗੁਰਦੁਆਰਾ ਸਾਹਿਬ ਦੇ ਅੰਦਰ ਆਏ ਅਤੇ ਅਚਾਨਕ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ, ਜੋ ਕਿ ਗੁਰਦੁਆਰਾ ਸਾਹਿਬ ਨੂੰ ਰਾਜਨੀਤੀ ਵਿੱਚ ਘਸੀਟਣ ਦੀ ਇੱਕ ਸੋਚੀ-ਸਮਝੀ ਸਾਜ਼ਿਸ਼ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ‘ਤੇ ਵੀ ਇਸ ਮੁੱਦੇ ਦਾ ਰਾਜਨੀਤੀਕਰਨ ਕਰਨ ਅਤੇ ਗੁਰਦੁਆਰਾ ਸਾਹਿਬ ਨੂੰ ਬਦਨਾਮ ਕਰਨ ਦੇ ਇਲਜ਼ਾਮ ਲਗਾਏ ਹਨ।
ਸਪੱਸ਼ਟੀਕਰਨ ਦਿੰਦਿਆਂ ਕਮੇਟੀ ਨੇ ਦੱਸਿਆ ਕਿ ਪੁਲਿਸ ਮੁਲਾਜ਼ਮ ਅਸ਼ੋਕਾ ਰੋਡ ਵਾਲੇ ਪਾਸਿਓਂ ਕੰਪਲੈਕਸ ਵਿੱਚ ਦਾਖਲ ਹੋਏ ਸਨ ਅਤੇ ਪ੍ਰਦਰਸ਼ਨਕਾਰੀਆਂ ਨੂੰ ਬਾਹਰ ਕੱਢਣ ਤੋਂ ਬਾਅਦ ਦੂਜੇ ਗੇਟ ਰਾਹੀਂ ਪੁਲਿਸ ਹੈੱਡਕੁਆਰਟਰ ਵੱਲ ਚਲੇ ਗਏ। ਉਨ੍ਹਾਂ ਦਾਅਵਾ ਕੀਤਾ ਕਿ ਪੁਲਿਸ ਨਾ ਤਾਂ ਦਰਬਾਰ ਹਾਲ ਦੀਆਂ ਪੌੜੀਆਂ ਚੜ੍ਹੀ ਅਤੇ ਨਾ ਹੀ ਲੰਗਰ ਹਾਲ ਜਾਂ ਦਰਬਾਰ ਹਾਲ ਦੇ ਅੰਦਰ ਗਈ, ਕਿਉਂਕਿ ਉੱਥੇ ਦਾਖਲ ਹੋਣ ਲਈ ਸਿਰ ਢੱਕਣਾ ਅਤੇ ਜੁੱਤੇ ਉਤਾਰਨਾ ਲਾਜ਼ਮੀ ਹੈ। ਕਮੇਟੀ ਨੇ ਸਪੱਸ਼ਟ ਕੀਤਾ ਕਿ ਸ਼ਰਧਾਲੂਆਂ ਦਾ ਮੱਥਾ ਟੇਕਣ ਅਤੇ ਲੰਗਰ ਛਕਣ ਲਈ ਸਵਾਗਤ ਹੈ, ਪਰ ਅੰਦਰ ਸਿਆਸੀ ਨਾਅਰੇਬਾਜ਼ੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।